ਜਲੰਧਰ: ਪੁਲਿਸ ਦੀ ਧੱਕੇਸ਼ਾਹੀ; ਸੜਕ ਵਿਚਾਲੇ ਗੱਡੀਆਂ ਖੜ੍ਹੀਆਂ ਕਰ ਲਾਇਆ ਜਾਮ, ਰਾਹਗੀਰ ਪਰੇਸ਼ਾਨ

ਜਲੰਧਰ (TLT NEWS ): ਜਲੰਧਰ ਦੇ ਕੁਲ ਰੋਡ  ਸਤਿਕਾਰ ਨਗਰ ‘ਤੇ ਪੁਲਿਸ ਪ੍ਰਸ਼ਾਸਨ ਦੀ ਕਥਿਤ ਮਨਮਾਨੀ ਅਤੇ ਧੱਕੇਸ਼ਾਹੀ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਸਿਆਸੀ ਪਾਰਟੀ ਦੇ ਆਗੂ ਦੀ ਕੋਠੀ ਦੇ ਬਾਹਰ ਤਾਇਨਾਤ ਪੁਲਿਸ ਮੁਲਾਜ਼ਮਾਂ ਵੱਲੋਂ ਆਪਣੀਆਂ ਗੱਡੀਆਂ ਸੜਕ ਦੇ ਬਿਲਕੁਲ ਵਿਚਕਾਰ ਖੜ੍ਹੀਆਂ ਕਰਕੇ ਆਵਾਜਾਈ ਨੂੰ ਪੂਰੀ ਤਰ੍ਹਾਂ ਪ੍ਰਭਾਵਿਤ ਕੀਤਾ ਜਾ ਰਿਹਾ ਹੈ।
ਲੋਕਾਂ ਦੀਆਂ ਮੁਸ਼ਕਿਲਾਂ ਵੱਲ ਕੋਈ ਧਿਆਨ ਨਹੀਂ
ਸਥਾਨਕ ਨਿਵਾਸੀਆਂ ਅਤੇ ਰਾਹਗੀਰਾਂ ਅਨੁਸਾਰ, ਪੁਲਿਸ ਵੱਲੋਂ ਗੱਡੀਆਂ ਗਲਤ ਤਰੀਕੇ ਨਾਲ ਖੜ੍ਹੀਆਂ ਕਰਨ ਕਾਰਨ ਸੜਕ ‘ਤੇ ਲੰਮਾ ਜਾਮ ਲੱਗ ਰਿਹਾ ਹੈ, ਜਿਸ ਨਾਲ ਆਮ ਜਨਤਾ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਜਦੋਂ ਲੋਕਾਂ ਨੇ ਇਸ ਸਬੰਧੀ ਪੁਲਿਸ ਮੁਲਾਜ਼ਮਾਂ ਨੂੰ ਗੱਡੀਆਂ ਸਾਈਡ ‘ਤੇ ਕਰਨ ਲਈ ਕਿਹਾ, ਤਾਂ ਉਨ੍ਹਾਂ ਨੇ ਨਿਮਰਤਾ ਦਿਖਾਉਣ ਦੀ ਬਜਾਏ ਕਥਿਤ ਤੌਰ ‘ਤੇ ਹੰਕਾਰ ਵਾਲਾ ਰਵੱਈਆ ਅਪਣਾਇਆ।
“ਸਾਡਾ ਧੱਕਾ ਇੱਥੇ ਹੀ ਚੱਲੂ”
ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਪੁਲਿਸ ਮੁਲਾਜ਼ਮਾਂ ਦਾ ਕਹਿਣਾ ਸੀ ਕਿ ਉਨ੍ਹਾਂ ਦੀ ਗੱਡੀ ਇੱਥੇ ਹੀ ਖੜ੍ਹੇਗੀ ਅਤੇ ਉਨ੍ਹਾਂ ਦਾ “ਧੱਕਾ” ਇਸੇ ਤਰ੍ਹਾਂ ਚੱਲੇਗਾ। ਪੁਲਿਸ ਦੇ ਇਸ ਅੜੀਅਲ ਵਤੀਰੇ ਕਾਰਨ ਇਲਾਕਾ ਨਿਵਾਸੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਜਿਹੜੀ ਪੁਲਿਸ ਜਨਤਾ ਦੀ ਸੁਰੱਖਿਆ ਅਤੇ ਸਹੂਲਤ ਲਈ ਹੁੰਦੀ ਹੈ, ਉਹੀ ਹੁਣ ਲੋਕਾਂ ਦੀ ਪ੍ਰੇਸ਼ਾਨੀ ਦਾ ਸਬੱਬ ਬਣ ਰਹੀ ਹੈ।
ਇਲਾਕਾ ਨਿਵਾਸੀਆਂ ਨੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਦਾ ਤੁਰੰਤ ਨੋਟਿਸ ਲਿਆ ਜਾਵੇ ਅਤੇ ਰਸਤਾ ਸਾਫ਼ ਕਰਵਾ ਕੇ ਆਮ ਲੋਕਾਂ ਨੂੰ ਰਾਹਤ ਦਿੱਤੀ ਜਾਵੇ।