ਡੇਰਾ ਭਾਈ ਹਰਜੀ ਸਾਹਿਬ ਖੂਖਰੈਣ ਵਿਖੇ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਦਿਹਾੜਾ ਜਾਹੋ-ਜਲਾਲ ਨਾਲ ਮਨਾਇਆ

ਕਪੂਰਥਲਾ,ਜਲੰਧਰ), 15 ਅਪ੍ਰੈਲ:(ਰਮੇਸ਼ ਗਾਬਾ) ਗੁਰਦੁਆਰਾ ਡੇਰਾ ਭਾਈ ਹਰਜੀ ਸਾਹਿਬ ਖੂਖਰੈਣ ਵਿਖੇ ਖਾਲਸਾ ਪੰਥ ਦਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਪਵਿੱਤਰ ਦਿਹਾੜਾ ਮੁੱਖ ਸੇਵਾਦਾਰ ਸੰਤ ਬਾਬਾ ਅਮਰੀਕ ਸਿੰਘ ਜੀ ਦੀ ਅਗਵਾਈ ਹੇਠ ਬੜੀ ਸ਼ਰਧਾ, ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕੇ ਦੀਆਂ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।
ਸਮਾਗਮ ਦੀ ਆਰੰਭਤਾ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਉਪਰੰਤ ਵਿਸ਼ੇਸ਼ ਧਾਰਮਿਕ ਦੀਵਾਨ ਸਜਾਏ ਗਏ। ਇਨ੍ਹਾਂ ਦੀਵਾਨਾਂ ਵਿੱਚ ਪੰਥ ਪ੍ਰਸਿੱਧ ਰਾਗੀ, ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਇਲਾਹੀ ਬਾਣੀ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਵਾਰਾਂ ਅਤੇ ਕਵਿਤਾਵਾਂ ਰਾਹੀਂ ਖਾਲਸਾ ਪੰਥ ਦੇ ਗੌਰਵਮਈ ਇਤਿਹਾਸ ਅਤੇ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ‘ਤੇ ਹੋਏ ਬਿਰਤਾਂਤ ਸੁਣਾ ਕੇ ਸੰਗਤਾਂ ਵਿੱਚ ਜੋਸ਼ ਭਰ ਦਿੱਤਾ। ਸਮਾਗਮ ਦੌਰਾਨ ਗੁਰੂ ਘਰ ਵਿਖੇ ਸੰਗਤਾਂ ਲਈ ਚਾਹ-ਪਕੌੜਿਆਂ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ
।ਸੰਗਤਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਸੇਵਾਦਾਰ ਸੰਤ ਬਾਬਾ ਅਮਰੀਕ ਸਿੰਘ ਜੀ ਨੇ ਖਾਲਸਾ ਸਾਜਨਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ, “ਅੱਜ ਦਾ ਦਿਨ ਸਿੱਖ ਇਤਿਹਾਸ ਦਾ ਸਭ ਤੋਂ ਅਹਿਮ ਦਿਨ ਹੈ, ਜਦੋਂ 1699 ਦੀ ਵਿਸਾਖੀ ਵਾਲੇ ਦਿਨ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ‘ਤੇ ਪੰਜ ਪਿਆਰਿਆਂ ਦੀ ਚੋਣ ਕਰਕੇ ਖਾਲਸਾ ਪੰਥ ਦੀ ਸਿਰਜਣਾ ਕੀਤੀ ਸੀ। ਗੁਰੂ ਸਾਹਿਬ ਨੇ ‘ਮਾਨਸ ਕੀ ਜਾਤ ਸਬੈ ਏਕੈ ਪਹਿਚਾਨਬੋ’ ਦਾ ਹੋਕਾ ਦਿੰਦਿਆਂ ਜਾਤ-ਪਾਤ, ਊਚ-ਨੀਚ ਅਤੇ ਮਜ਼੍ਹਬੀ ਵਿਤਕਰਿਆਂ ਨੂੰ ਖਤਮ ਕਰਕੇ ਇੱਕ ਨਵਾਂ ਮਨੁੱਖੀ ਇਨਕਲਾਬ ਲਿਆਂਦਾ। ਉਨ੍ਹਾਂ ਪੰਜਾਂ ਪਿਆਰਿਆਂ ਨੂੰ ਅੰਮ੍ਰਿਤ ਦੀ ਦਾਤ ਬਖਸ਼ ਕੇ ਫਿਰ ਖੁਦ ਉਨ੍ਹਾਂ ਤੋਂ ਅੰਮ੍ਰਿਤ ਛਕ ਕੇ ‘ਆਪੇ ਗੁਰ ਚੇਲਾ’ ਦੀ ਮਿਸਾਲ ਕਾਇਮ ਕੀਤੀ।ਬਾਬਾ ਜੀ ਨੇ ਅੱਗੇ ਕਿਹਾ, “ਖਾਲਸਾ ਸਿਰਫ ਇੱਕ ਪੰਥ ਨਹੀਂ, ਬਲਕਿ ਜ਼ੁਲਮ ਵਿਰੁੱਧ ਲੜਨ ਅਤੇ ਦੀਨ-ਦੁਖੀ ਦੀ ਸੇਵਾ ਕਰਨ ਦਾ ਇੱਕ ਮਾਰਗ ਹੈ। ਅੱਜ ਜਦੋਂ ਸਾਡੀ ਨੌਜਵਾਨ ਪੀੜ੍ਹੀ ਨਸ਼ਿਆਂ ਅਤੇ ਪਤਿਤਪੁਣੇ ਦੀ ਦਲਦਲ ਵਿੱਚ ਫਸ ਰਹੀ ਹੈ, ਤਾਂ ਸਾਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ ‘ਤੇ ਚੱਲਣ ਦੀ ਸਖਤ ਲੋੜ ਹੈ। ਸਾਨੂੰ ਚਾਹੀਦਾ ਹੈ ਕਿ ਅਸੀਂ ਅੰਮ੍ਰਿਤਧਾਰੀ ਹੋ ਕੇ ਬਾਣੀ ਅਤੇ ਬਾਣੇ ਦੇ ਧਾਰਨੀ ਬਣੀਏ ਅਤੇ ਆਪਣੇ ਬੱਚਿਆਂ ਨੂੰ ਸਿੱਖੀ ਵਿਰਸੇ ਨਾਲ ਜੋੜੀਏ।