ਜਲੰਧਰ (ਰਮੇਸ਼ ਗਾਬਾ) ਜਲੰਧਰ ਨਗਰ ਨਿਗਮ ਦੇ ਮੇਅਰ ਵਨੀਤ ਧੀਰ ਨੇ ਡਿਫਾਲਟਰ ਕਾਲੋਨਾਈਜ਼ਰਾਂ ਖ਼ਿਲਾਫ਼ ਸਖ਼ਤ ਰੁਖ਼ ਅਪਣਾਉਂਦਿਆਂ ਉਨ੍ਹਾਂ ਨੂੰ ਆਖਰੀ ਚਿਤਾਵਨੀ ਦਿੱਤੀ ਹੈ। ਮੇਅਰ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ 7 ਦਿਨਾਂ ਦੇ ਅੰਦਰ-ਅੰਦਰ ਬਕਾਇਆ ਰਕਮ ਜਮ੍ਹਾਂ ਨਾ ਕਰਵਾਈ ਗਈ ਤਾਂ ਉਨ੍ਹਾਂ ਖ਼ਿਲਾਫ਼ ਐੱਫਆਈਆਰ (FIR) ਦਰਜ ਕਰਵਾਈ ਜਾਵੇਗੀ। ਇਸ ਸਬੰਧੀ ਬਿਲਡਿੰਗ ਬ੍ਰਾਂਚ ਦੇ ਅਧਿਕਾਰੀਆਂ ਨੂੰ ਕਾਰਵਾਈ ਦੀ ਤਿਆਰੀ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।
13 ਸਾਲਾਂ ਤੋਂ ਬਕਾਇਆ ਹੈ ਫੀਸ ਪ੍ਰੈੱਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਮੇਅਰ ਵਨੀਤ ਧੀਰ ਨੇ ਦੱਸਿਆ ਕਿ ਇਨ੍ਹਾਂ ਕਾਲੋਨਾਈਜ਼ਰਾਂ ਨੇ ਸਾਲ 2013 ਵਿੱਚ ਕਾਲੋਨੀਆਂ ਪਾਸ ਕਰਵਾਉਣ ਲਈ ਫੀਸ ਦੀ ਸਿਰਫ਼ ਪਹਿਲੀ ਕਿਸ਼ਤ ਜਮ੍ਹਾਂ ਕਰਵਾ ਕੇ ਪਲਾਟ ਵੇਚ ਦਿੱਤੇ ਸਨ। ਇਸ ਤੋਂ ਬਾਅਦ ਉਨ੍ਹਾਂ ਨੇ ਬਕਾਇਆ ਫੀਸ ਨਗਰ ਨਿਗਮ ਨੂੰ ਅਦਾ ਨਹੀਂ ਕੀਤੀ। ਕਰੀਬ 13 ਸਾਲ ਬੀਤ ਜਾਣ ਦੇ ਬਾਵਜੂਦ ਇਹ ਰਕਮ ਜਿਉਂ ਦੀ ਤਿਉਂ ਖੜ੍ਹੀ ਹੈ। ਇਸ ਤੋਂ ਪਹਿਲਾਂ ਨਗਰ ਨਿਗਮ ਵੱਲੋਂ ਕਾਲੋਨੀਆਂ ਦੇ ਮਾਲਕਾਂ ਨੂੰ ਪਬਲਿਕ ਨੋਟਿਸ ਵੀ ਜਾਰੀ ਕੀਤੇ ਗਏ ਸਨ, ਪਰ ਉਨ੍ਹਾਂ ਨੇ ਇਸ ਨੂੰ ਅਣਗੌਲਿਆ ਕਰ ਦਿੱਤਾ, ਜਿਸ ਕਾਰਨ ਹੁਣ ਕਾਨੂੰਨੀ ਕਾਰਵਾਈ ਦੀ ਤਿਆਰੀ ਕੀਤੀ ਜਾ ਰਹੀ ਹੈ।
ਡਿਫਾਲਟਰਾਂ ਦੀ ਕੋਈ ਵੀ ਨਵੀਂ ਕਾਲੋਨੀ ਨਹੀਂ ਹੋਵੇਗੀ ਪਾਸ ਮੇਅਰ ਨੇ ਬਿਲਡਿੰਗ ਬ੍ਰਾਂਚ ਦੇ ਅਫਸਰਾਂ ਨੂੰ ਸਖ਼ਤ ਹਦਾਇਤ ਕੀਤੀ ਹੈ ਕਿ ਭਵਿੱਖ ਵਿੱਚ ਇਨ੍ਹਾਂ ਡਿਫਾਲਟਰ ਕਾਲੋਨਾਈਜ਼ਰਾਂ ਦੇ ਨਾਂ ‘ਤੇ ਕੋਈ ਵੀ ਨਵੀਂ ਕਾਲੋਨੀ ਪਾਸ ਨਾ ਕੀਤੀ ਜਾਵੇ। ਦੱਸਣਯੋਗ ਹੈ ਕਿ ਜਦੋਂ ਨਿਗਮ ਨੇ ਡਿਫਾਲਟਰ ਕਾਲੋਨਾਈਜ਼ਰਾਂ ਦੀ ਸੂਚੀ ਜਨਤਕ ਕੀਤੀ, ਤਾਂ ਉਨ੍ਹਾਂ ਲੋਕਾਂ ਵਿੱਚ ਭਾਰੀ ਚਿੰਤਾ ਫੈਲ ਗਈ ਜਿਨ੍ਹਾਂ ਨੇ ਇਨ੍ਹਾਂ ਕਾਲੋਨੀਆਂ ਵਿੱਚ ਪਲਾਟ ਖਰੀਦ ਕੇ ਘਰ ਬਣਾਏ ਹੋਏ ਹਨ। ਆਮ ਲੋਕਾਂ ਨੂੰ ਕਾਲੋਨਾਈਜ਼ਰਾਂ ਦੀ ਇਸ ਗੜਬੜੀ ਬਾਰੇ ਕੋਈ ਜਾਣਕਾਰੀ ਨਹੀਂ ਸੀ।
ਸੂਤਰਾਂ ਮੁਤਾਬਕ, ਕਾਲੋਨਾਈਜ਼ਰ ਹੁਣ ਇਸ ਬਕਾਇਆ ਰਕਮ ਦਾ ਬੋਝ ਵੀ ਪਲਾਟ ਮਾਲਕਾਂ (ਆਮ ਲੋਕਾਂ) ‘ਤੇ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਜਿਸ ਲਈ ਲੋਕ ਬਿਲਕੁਲ ਤਿਆਰ ਨਹੀਂ ਹਨ। ਲੋਕਾਂ ਦਾ ਕਹਿਣਾ ਹੈ ਕਿ ਪਲਾਟ ਖਰੀਦਣ ਵੇਲੇ ਉਨ੍ਹਾਂ ਨੂੰ ਇਸ ਬਕਾਏ ਬਾਰੇ ਜਾਣੂ ਨਹੀਂ ਕਰਵਾਇਆ ਗਿਆ ਸੀ।
ਪਿਛਲੀਆਂ ਸਰਕਾਰਾਂ ਵੇਲੇ ਵੀ ਉੱਠਿਆ ਸੀ ਮੁੱਦਾ ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਕੈਪਟਨ ਸਰਕਾਰ ਵੇਲੇ ਵੀ ਡਿਫਾਲਟਰ ਕਾਲੋਨਾਈਜ਼ਰਾਂ ਤੋਂ ਬਕਾਇਆ ਵਸੂਲਣ ਦਾ ਮੁੱਦਾ ਜ਼ੋਰ-ਸ਼ੋਰ ਨਾਲ ਉੱਠਿਆ ਸੀ। ਉਸ ਸਮੇਂ ਕਾਲੋਨਾਈਜ਼ਰਾਂ ਦਾ ਇੱਕ ਵਫ਼ਦ ਸਾਬਕਾ ਮੁੱਖ ਮੰਤਰੀ ਨੂੰ ਮਿਲਿਆ ਸੀ, ਜਿਸ ਤੋਂ ਬਾਅਦ ਕਾਰਵਾਈ ਰੋਕ ਦਿੱਤੀ ਗਈ ਸੀ। ਪਰ ਹੁਣ ਮੌਜੂਦਾ ਮਾਨ ਸਰਕਾਰ ਦੇ ਕਾਰਜਕਾਲ ਦੌਰਾਨ ਨਗਰ ਨਿਗਮ ਨੇ ਫਿਰ ਤੋਂ ਇਸ ਮੁੱਦੇ ‘ਤੇ ਸਖ਼ਤੀ ਦਿਖਾਉਣੀ ਸ਼ੁਰੂ ਕਰ ਦਿੱਤੀ ਹੈ।

More Stories
ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ 5 ਕਰੋੜ ਦੀ ਲਾਗਤ ਵਾਲੇ ਇੰਟਰਲਾਕ ਤੇ ਸੈਂਟਰ ਵਰਜ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ
ਜਲੰਧਰ: ਪੰਜਾਬੀ ਅਦਾਕਾਰਾ ਤਾਨੀਆ ਨੇ ‘ਦਿੱਲੀ ਪੈਂਟਸ’ ਸਟੋਰ ਦਾ ਕੀਤਾ ਵਿਸ਼ੇਸ਼ ਦੌਰਾ
ਪ੍ਰਧਾਨ ਮੰਤਰੀ ਮੋਦੀ ਨੇ ਤਮਗਾ ਜੇਤੂ ਖਿਡਾਰੀਆਂ ਅਤੇ ਭਾਰਤੀ ਦਲ ਦੇ ਮੈਂਬਰਾਂ ਨਾਲ ਕੀਤੀ ਮੁਲਾਕਾਤ