ਕੈਨੇਡਾ ‘ਚ ਪੰਜਾਬੀ ਭਾਈਚਾਰੇ ਨਾਲ ਜੁੜੀ ਦਿਲ ਦਹਿਲਾ ਦੇਣ ਵਾਲੀ ਘਟਨਾ, ਨਵਜੰਮੇ ਬੱਚੇ ਦੀ ਲਾਸ਼ ਮਿਲਣ ਮਗਰੋਂ ਪੰਜਾਬੀ ਨੌਜਵਾਨ ਕੁੜੀ ਗ੍ਰਿਫ਼ਤਾਰ

ਬ੍ਰੈਂਪਟਨ (ਕੈਨੇਡਾ):TLT NEWS/  ਕੈਨੇਡਾ ਦੇ ਬ੍ਰੈਂਪਟਨ ਸ਼ਹਿਰ ਤੋਂ ਪੰਜਾਬੀ ਭਾਈਚਾਰੇ ਨਾਲ ਜੁੜੀ ਇੱਕ ਬੇਹੱਦ ਦਰਦਨਾਕ ਅਤੇ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇੱਕ ਕਿਰਾਏ ਦੇ ਮਕਾਨ ਵਿੱਚੋਂ ਨਵਜੰਮੇ ਬੱਚੇ ਦੀ ਲਾਸ਼ ਮਿਲਣ ਤੋਂ ਬਾਅਦ ਪੁਲਿਸ ਨੇ 23 ਸਾਲਾ ਪੰਜਾਬੀ ਨੌਜਵਾਨ ਕੁੜੀ ਸਿਮਰਨ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ‘ਤੇ ਬੱਚੇ ਦੇ ਜਨਮ ਨੂੰ ਲੁਕਾਉਣ ਅਤੇ ਲਾਸ਼ ਨੂੰ ਠਿਕਾਣੇ ਲਗਾਉਣ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਗਿਆ ਹੈ।

ਜਾਣਕਾਰੀ ਅਨੁਸਾਰ ਇਹ ਘਟਨਾ 31 ਮਈ ਦੀ ਰਾਤ ਕਰੀਬ 8 ਵਜੇ ਸਾਹਮਣੇ ਆਈ, ਜਦੋਂ ਬ੍ਰੈਂਪਟਨ ਦੇ ਹੈਨਸਨ ਰੋਡ ਸਥਿਤ ਇੱਕ ਰੈਂਟਲ ਪ੍ਰਾਪਰਟੀ ਤੋਂ ਮੈਡੀਕਲ ਐਮਰਜੈਂਸੀ ਦੀ ਸੂਚਨਾ ਪੁਲਿਸ ਨੂੰ ਮਿਲੀ। ਮੌਕੇ ‘ਤੇ ਪਹੁੰਚੀਆਂ ਐਮਰਜੈਂਸੀ ਟੀਮਾਂ ਨੇ ਇੱਕ ਨਵਜੰਮੇ ਬੱਚੇ ਨੂੰ ਮ੍ਰਿਤਕ ਪਾਇਆ, ਜਿਸ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ।

ਪੁਲਿਸ ਮੁਤਾਬਕ ਜਦੋਂ ਉਹ ਘਰ ਪਹੁੰਚੀ ਤਾਂ ਬੱਚੇ ਨੂੰ ਜਨਮ ਦੇਣ ਵਾਲੀ ਮਾਂ ਸਿਮਰਨ ਕੌਰ ਉੱਥੇ ਮੌਜੂਦ ਨਹੀਂ ਸੀ। ਜਨਮ ਤੋਂ ਬਾਅਦ ਉਸ ਦੀ ਤਬੀਅਤ ਖਰਾਬ ਹੋਣ ਕਾਰਨ ਉਹ ਖੁਦ ਇਲਾਜ ਲਈ ਨੇੜਲੇ ਹਸਪਤਾਲ ਪਹੁੰਚ ਗਈ ਸੀ। ਪੁਲਿਸ ਨੇ ਹਸਪਤਾਲ ਵਿੱਚ ਹੀ ਉਸ ਨੂੰ ਹਿਰਾਸਤ ਵਿੱਚ ਲੈ ਲਿਆ। ਇਸ ਸਮੇਂ ਉਹ ਡਾਕਟਰਾਂ ਦੀ ਨਿਗਰਾਨੀ ਹੇਠ ਇਲਾਜ ਅਧੀਨ ਹੈ।

ਪੁਲਿਸ ਇਸ ਮਾਮਲੇ ਦੀ ਗਹਿਰਾਈ ਨਾਲ ਜਾਂਚ ਕਰ ਰਹੀ ਹੈ। ਜਾਂਚ ਦਾ ਮੁੱਖ ਕੇਂਦਰ ਇਹ ਹੈ ਕਿ ਬੱਚਾ ਜਨਮ ਵੇਲੇ ਜ਼ਿੰਦਾ ਸੀ ਜਾਂ ਮ੍ਰਿਤਕ ਪੈਦਾ ਹੋਇਆ ਸੀ। ਇਸ ਤੋਂ ਇਲਾਵਾ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਇਸ ਘਟਨਾ ਵਿੱਚ ਕੋਈ ਹੋਰ ਵਿਅਕਤੀ ਸ਼ਾਮਲ ਸੀ ਜਾਂ ਨਹੀਂ। ਮੌਤ ਦੇ ਅਸਲ ਕਾਰਨਾਂ ਦੀ ਪੁਸ਼ਟੀ ਲਈ ਪੋਸਟਮਾਰਟਮ ਰਿਪੋਰਟ ਦੀ ਉਡੀਕ ਕੀਤੀ ਜਾ ਰਹੀ ਹੈ।

ਪੜੋਸੀਆਂ ਅਨੁਸਾਰ ਇਹ ਇੱਕ ਅਜਿਹਾ ਕਿਰਾਏ ਦਾ ਮਕਾਨ ਸੀ ਜਿੱਥੇ ਕਈ ਲੋਕ ਪੇਇੰਗ ਗੈਸਟ ਵਜੋਂ ਰਹਿੰਦੇ ਸਨ। ਉਨ੍ਹਾਂ ਨੇ ਦੱਸਿਆ ਕਿ ਘਰ ਵਿੱਚ ਕੁਝ ਲੜਕੀਆਂ ਆਉਂਦੀਆਂ-ਜਾਂਦੀਆਂ ਤਾਂ ਦਿਖਾਈ ਦਿੰਦੀਆਂ ਸਨ, ਪਰ ਕਿਸੇ ਨੂੰ ਵੀ ਇਹ ਅੰਦਾਜ਼ਾ ਨਹੀਂ ਸੀ ਕਿ ਉਨ੍ਹਾਂ ਵਿੱਚੋਂ ਕੋਈ ਗਰਭਵਤੀ ਹੈ।

ਇਸ ਘਟਨਾ ਤੋਂ ਕੁਝ ਦਿਨ ਪਹਿਲਾਂ ਹੀ ਨੋਵਾ ਸਕੋਸ਼ੀਆ ਵਿੱਚ ਵੀ ਇਸ ਤਰ੍ਹਾਂ ਦਾ ਇੱਕ ਮਾਮਲਾ ਸਾਹਮਣੇ ਆਇਆ ਸੀ। ਉੱਥੇ 23 ਸਾਲਾ ਰਮਨਦੀਪ ਕੌਰ ਅਤੇ ਉਸ ਦੇ ਸਾਥੀ ਉੱਤੇ ਨਵਜੰਮੇ ਬੱਚੇ ਨੂੰ ਜਨਮ ਤੋਂ ਬਾਅਦ ਜੰਗਲ ਵਿੱਚ ਛੱਡਣ ਦੇ ਦੋਸ਼ ਲੱਗੇ ਸਨ। ਬਾਅਦ ਵਿੱਚ ਪੁਲਿਸ ਨੇ ਬੱਚੇ ਦੀ ਲਾਸ਼ ਬਰਾਮਦ ਕਰ ਲਈ ਸੀ। ਇਸ ਮਾਮਲੇ ਵਿੱਚ ਇੱਕ ਹੋਰ ਦੁਖਦਾਈ ਮੋੜ ਉਸ ਵੇਲੇ ਆਇਆ ਜਦੋਂ ਹਿਰਾਸਤ ਦੌਰਾਨ ਰਮਨਦੀਪ ਕੌਰ ਦੀ ਵੀ ਮੌਤ ਹੋ ਗਈ।

ਲਗਾਤਾਰ ਸਾਹਮਣੇ ਆ ਰਹੀਆਂ ਅਜਿਹੀਆਂ ਘਟਨਾਵਾਂ ਨੇ ਕੈਨੇਡਾ ਵਿੱਚ ਰਹਿ ਰਹੇ ਭਾਰਤੀ, ਖ਼ਾਸ ਕਰਕੇ ਪੰਜਾਬੀ ਨੌਜਵਾਨਾਂ ਦੀ ਮਾਨਸਿਕ, ਸਮਾਜਿਕ ਅਤੇ ਆਰਥਿਕ ਸਥਿਤੀ ਨੂੰ ਲੈ ਕੇ ਕਈ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ।