ਕਿਹਾ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਤੇ ਬਿਹਤਰੀ ਲਈ ਲਗਾਤਾਰ ਯਤਨਸ਼ੀਲ

ਜਲੰਧਰ, (ਰਮੇਸ਼ ਗਾਬਾ) : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਐਤਵਾਰ ਸ਼ਾਮ ਸ਼ਹਿਰ ਦੇ ਵਾਰਡ ਨੰ. 60 ਦੇ ਕਟਹਿਰਾ ਮੁਹੱਲਾ ਵਿਖੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੇ ਢੁੱਕਵੇਂ ਹੱਲ ਦਾ ਭਰੋਸਾ ਦਿਵਾਇਆ।
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀਆਂ ਲੋਕ ਮਿਲਣੀਆਂ ਪਹਿਲਕਦਮੀਆਂ ਨਾਗਰਿਕ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਯੋਗ ਹੱਲ ਯਕੀਨੀ ਬਣਾਉਣ ਲਈ ਪ੍ਰਭਾਵਸ਼ਾਲੀ ਸਾਧਨ ਸਾਬਤ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਗਰਾਮਾਂ ਰਾਹੀਂ ਜ਼ਮੀਨੀ ਪੱਧਰ ’ਤੇ ਮਸਲਿਆਂ ਦਾ ਹੱਲ ਯਕੀਨੀ ਬਣਾਇਆ ਜਾ ਰਿਹਾ ਹੈ। ਇਸ ਮੌਕੇ ਮੇਅਰ ਵਿਨੀਤ ਧੀਰ ਵੀ ਮੌਜੂਦ ਸਨ।
ਸ਼੍ਰੀ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਅਤੇ ਉਨ੍ਹਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਯਤਨਸ਼ੀਲ ਹੈ, ਜਿਸ ਤਹਿਤ ਸਿੱਖਿਆ, ਸਿਹਤ, ਰੋਜ਼ਗਾਰ, ਬੁਨਿਆਦੀ ਢਾਂਚਾ, ਸਮਾਜਿਕ ਸੁਰੱਖਿਆ ਸਮੇਤ ਵੱਖ-ਵੱਖ ਖੇਤਰਾਂ ਵਿੱਚ ਅਨੇਕਾਂ ਲੋਕ-ਪੱਖੀ ਪਹਿਲਕਦਮੀਆਂ ਕੀਤੀਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਆਮ ਆਦਮੀ ਕਲੀਨਿਕ ਸਥਾਪਤ ਕਰਕੇ ਜਿਥੇ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਹਨ ਉਥੇ 10 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਇਲਾਜ ਦੀ ਸੁਵਿਧਾ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਸਿਹਤ ਯੋਜਨਾ ਲਾਗੂ ਕੀਤੀ ਹੈ, ਜਿਸ ਸਦਕਾ ਲੋਕਾਂ ਦੀ ਇਲਾਜ ਨੂੰ ਲੈ ਕੇ ਚਿੰਤਾ ਖ਼ਤਮ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ 600 ਯੂਨਿਟ ਮੁਫ਼ਤ ਬਿਜਲੀ ਰਾਹੀਂ ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ।
ਸ਼੍ਰੀ ਭਗਤ ਨੇ ਕਿਹਾ ਕਿ ਸੂਬਾ ਸਰਕਾਰ ਨੇ ਮਹਿਲਾਵਾਂ ਦੀ ਭਲਾਈ ਤੇ ਆਰਥਿਕ ਸਸ਼ਕਤੀਕਰਨ ਨੂੰ ਯਕੀਨੀ ਬਣਾਉਣ ਲਈ ਮਾਵਾਂ-ਧੀਆਂ ਸਤਿਕਾਰ ਯੋਜਨਾ ਲਾਗੂ ਕੀਤੀ ਹੈ, ਜਿਸ ਤਹਿਤ ਜਨਰਲ ਵਰਗ ਦੀਆਂ ਯੋਗ ਮਹਿਲਾਵਾਂ ਨੂੰ 1000 ਰੁਪਏ ਅਤੇ ਐਸ.ਸੀ. ਵਰਗ ਦੀਆਂ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਮਿਲਣਗੇ। ਉਨ੍ਹਾਂ ਲੋਕਾਂ ਨੂੰ ਸਰਕਾਰ ਦੀਆਂ ਇਨ੍ਹਾਂ ਪ੍ਰਮੁੱਖ ਯੋਜਨਾਵਾਂ ਦਾ ਪੂਰਾ ਲਾਭ ਲੈਣ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਤੇ ਸੂਬੇ ਦੇ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਆਉਣ ਵਾਲੇ ਸਮੇਂ ’ਚ ਵੀ ਵਿਕਾਸ ਕਾਰਜਾਂ ਦੀ ਇਹ ਲੜੀ ਜਾਰੀ ਰਹੇਗੀ।
ਇਸ ਮੌਕੇ ਕੌਂਸਲਰ ਗੁਰਜੀਤ ਸਿੰਘ ਘੁੰਮਣ ਅਤੇ ਵੱਡੀ ਗਿਣਤੀ ਇਲਾਕਾ ਵਾਸੀ ਮੌਜੂਦ ਸਨ।

More Stories
ਜਲੰਧਰ ’ਚ HSRP ਤੋਂ ਬਿਨਾਂ ਵਾਹਨਾਂ ਨੂੰ ਪੈਟਰੋਲ-ਡੀਜ਼ਲ ਨਹੀਂ ਮਿਲੇਗਾ
ਪਤੰਜਲੀ ਦੇ ਉਤਪਾਦਾਂ ’ਚ ਮਿਲਾਵਟ ਸਾਬਤ ਹੋਈ ਤਾਂ ਫਾਹੇ ਲਾ ਦੇਣਾ : ਰਾਮਦੇਵ ਨੇ ਮਿਲਾਵਟ ਦੇ ਦਾਅਵਿਆਂ ਨੂੰ ਸਾਜ਼ਿਸ਼ ਕਰਾਰ ਦਿੱਤਾ
*ਫੋਰਟਿਸ ਹਸਪਤਾਲ ਜਲੰਧਰ ਨੇ 111 ਸਫਲ ਸਟੇਮੀ STEMI ਇੰਟਰਵੈਂਸ਼ਨਾਂ ਦੇ ਨਾਲ ਇੱਕ ਵੱਡੀ ਉਪਲਬਧੀ ਹਾਸਲ ਕੀਤੀ, ਜਿਸ ਨਾਲ ਐਮਰਜੈਂਸੀ ਕਾਰਡਿਅਕ ਕੇਅਰ ਨੂੰ ਹੁਲਾਰਾ ਮਿਲਿਆ*