ਕਮਿਸ਼ਨਰ ਪੁਲਿਸ ਸਤਿੰਦਰ ਸਿੰਘ ਨੇ ਕੀਤੀ ਉੱਚ ਪੱਧਰੀ ਸਮੀਖਿਆ ਮੀਟਿੰਗ, ਅਪਰਾਧ ਤੇ ਨਸ਼ਾ ਤਸਕਰੀ ਖ਼ਿਲਾਫ਼ ਸਖ਼ਤ ਕਾਰਵਾਈ ਦੇ ਹੁਕਮ

ਜਲੰਧਰ(ਰਮੇਸ਼ ਗਾਬਾ) ਸ਼ਹਿਰ ਵਿੱਚ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ, ਅਪਰਾਧਿਕ ਗਤੀਵਿਧੀਆਂ ‘ਤੇ ਪ੍ਰਭਾਵਸ਼ਾਲੀ ਰੋਕਥਾਮ, ਨਸ਼ਾ ਵਿਰੋਧੀ ਮੁਹਿੰਮ ਨੂੰ ਤੇਜ਼ ਕਰਨ ਅਤੇ ਟ੍ਰੈਫਿਕ ਪ੍ਰਬੰਧਨ ਨੂੰ ਹੋਰ ਸੁਚਾਰੂ ਬਣਾਉਣ ਦੇ ਮੰਤਵ ਨਾਲ ਕਮਿਸ਼ਨਰ ਪੁਲਿਸ ਜਲੰਧਰ ਸਤਿੰਦਰ ਸਿੰਘ (ਆਈ.ਪੀ.ਐੱਸ.) ਨੇ ਪੁਲਿਸ ਲਾਈਨ ਜਲੰਧਰ ਵਿਖੇ ਉੱਚ ਪੱਧਰੀ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਵਿੱਚ ਜੀ.ਓ. ਸਾਹਿਬਾਨ, ਐਸ.ਐਚ.ਓ., ਚੌਂਕੀ ਇੰਚਾਰਜ ਅਤੇ ਵੱਖ-ਵੱਖ ਯੂਨਿਟਾਂ ਦੇ ਇੰਚਾਰਜ ਹਾਜ਼ਰ ਰਹੇ।
ਮੀਟਿੰਗ ਦੌਰਾਨ ਕਮਿਸ਼ਨਰ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਹੋਰ ਤੇਜ਼ ਕਰਨ, ਨਸ਼ਾ ਪ੍ਰਭਾਵਿਤ ਵਿਅਕਤੀਆਂ ਦੇ ਪੁਨਰਵਾਸ, ਪੈਂਡਿੰਗ ਕੇਸਾਂ ਅਤੇ ਸ਼ਿਕਾਇਤਾਂ ਦਾ ਨਿਰਧਾਰਤ ਸਮੇਂ ਅੰਦਰ ਨਿਪਟਾਰਾ ਯਕੀਨੀ ਬਣਾਉਣ ਅਤੇ ਲੁੱਟ-ਖੋਹ ਸਮੇਤ ਹੋਰ ਅਪਰਾਧਿਕ ਵਾਰਦਾਤਾਂ ‘ਤੇ ਪ੍ਰਭਾਵਸ਼ਾਲੀ ਰੋਕ ਲਗਾਉਣ ਲਈ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ।
ਉਨ੍ਹਾਂ ਥਾਣਾ ਮੁਖੀਆਂ ਨੂੰ ਸੰਗਠਿਤ ਅਪਰਾਧ, ਨਸ਼ਾ ਤਸਕਰੀ ਅਤੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਵਿਸ਼ੇਸ਼ ਮੁਹਿੰਮਾਂ ਚਲਾਉਣ ਅਤੇ ਆਦੀ ਅਪਰਾਧੀਆਂ ‘ਤੇ ਕੜੀ ਨਿਗਰਾਨੀ ਰੱਖਣ ਲਈ ਕਿਹਾ। ਨਾਲ ਹੀ ਪੈਂਡਿੰਗ ਕੇਸਾਂ ਅਤੇ ਪ੍ਰਾਪਤ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕਰਨ ‘ਤੇ ਵੀ ਜ਼ੋਰ ਦਿੱਤਾ ਗਿਆ।
ਟ੍ਰੈਫਿਕ ਪ੍ਰਬੰਧਨ ਨੂੰ ਲੈ ਕੇ ਵੀ ਕਮਿਸ਼ਨਰ ਪੁਲਿਸ ਨੇ ਦਿਨ-ਰਾਤ ਪੈਟਰੋਲਿੰਗ ਵਧਾਉਣ, ਸੰਵੇਦਨਸ਼ੀਲ ਇਲਾਕਿਆਂ ਵਿੱਚ ਪੁਲਿਸ ਦੀ ਮੌਜੂਦਗੀ ਮਜ਼ਬੂਤ ਕਰਨ ਅਤੇ ਟ੍ਰੈਫਿਕ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨਸ਼ੇ ਦੀ ਹਾਲਤ ਵਿੱਚ ਵਾਹਨ ਚਲਾਉਣ, ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਡਰਾਈਵਿੰਗ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਵੀ ਕਿਹਾ।
ਮੀਟਿੰਗ ਦੌਰਾਨ ਐਮਰਜੈਂਸੀ ਹੈਲਪਲਾਈਨ 112 ਅਤੇ 1091 ‘ਤੇ ਮਿਲਣ ਵਾਲੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਅਤੇ ਲੋੜਵੰਦਾਂ ਤੱਕ ਸਮੇਂ ਸਿਰ ਪੁਲਿਸ ਸਹਾਇਤਾ ਪਹੁੰਚਾਉਣ ਦੇ ਨਿਰਦੇਸ਼ ਵੀ ਜਾਰੀ ਕੀਤੇ ਗਏ। ਕਮਿਸ਼ਨਰ ਪੁਲਿਸ ਨੇ ਕਿਹਾ ਕਿ ਸ਼ਹਿਰ ਵਿੱਚ ਸ਼ਾਂਤੀ, ਕਾਨੂੰਨ-ਵਿਵਸਥਾ ਅਤੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਪੁਲਿਸ ਵਿਭਾਗ ਦੀ ਸਰਵੋਚ ਤਰਜੀਹ ਹੈ।