ਸਤਿਕਾਰ ਯੋਜਨਾ ਦੇ ਨਾਂ ‘ਤੇ ਮਹਿਲਾਵਾਂ ਨਾਲ ਧੋਖਾ ਕਰ ਰਹੀ ਆਪ ਸਰਕਾਰ, ਕੇਵਲ ਢਿੱਲੋਂ ਨੇ ਸਰਕਾਰ ‘ਤੇ ਲਾਏ ਦੋਸ਼

ਸਤਿਕਾਰ ਯੋਜਨਾ ਦੇ ਨਾਂ 'ਤੇ ਮਹਿਲਾਵਾਂ ਨਾਲ ਧੋਖਾ ਕਰ ਰਹੀ ਆਪ ਸਰਕਾਰ,  ਕੇਵਲ ਢਿੱਲੋਂ ਨੇ ਸਰਕਾਰ 'ਤੇ ਲਾਏ ਦੋਸ਼ਚੰਡੀਗੜ੍ਹ:TLT NEWS/  ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਸਰਕਾਰ ‘ਤੇ ਮਹਿਲਾਵਾਂ ਨਾਲ ਕੀਤੇ ਚੋਣਾਵੀ ਵਾਅਦੇ ਪੂਰੇ ਨਾ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ‘ਸਤਿਕਾਰ ਯੋਜਨਾ’ ਸਿਰਫ਼ ਦਿਖਾਵਾ ਬਣ ਕੇ ਰਹਿ ਗਈ ਹੈ। ਉਨ੍ਹਾਂ ਕਿਹਾ ਕਿ ਆਪਣੇ ਹੱਕਾਂ ਦੀ ਮੰਗ ਕਰਨ ਵਾਲੀਆਂ ਮਹਿਲਾਵਾਂ ‘ਤੇ ਲਾਠੀਚਾਰਜ ਕਰਵਾਇਆ ਜਾ ਰਿਹਾ ਹੈ, ਜਦਕਿ ਸਰਕਾਰ ਆਪਣੇ ਆਪ ਨੂੰ ਮਹਿਲਾ ਹਿਤੈਸ਼ੀ ਦੱਸ ਰਹੀ ਹੈ।ਢਿੱਲੋਂ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ 18 ਸਾਲ ਤੋਂ ਵੱਧ ਉਮਰ ਦੀ ਹਰ ਮਹਿਲਾ ਨੂੰ ਬਿਨਾਂ ਕਿਸੇ ਸ਼ਰਤ ਯੋਜਨਾ ਦਾ ਲਾਭ ਦੇਣ ਦੀ ਗਾਰੰਟੀ ਦਿੱਤੀ ਸੀ, ਪਰ ਸਾਢੇ ਚਾਰ ਸਾਲ ਤੱਕ ਮਹਿਲਾਵਾਂ ਨੂੰ ਉਡੀਕ ਕਰਵਾਈ ਗਈ। ਹੁਣ ਯੋਜਨਾ ਸ਼ੁਰੂ ਹੋਣ ਤੋਂ ਬਾਅਦ ਵੀ ਕਈ ਸ਼ਰਤਾਂ ਲਗਾ ਕੇ ਵੱਡੀ ਗਿਣਤੀ ਮਹਿਲਾਵਾਂ ਨੂੰ ਇਸ ਦੇ ਦਾਇਰੇ ਤੋਂ ਬਾਹਰ ਰੱਖਿਆ ਗਿਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਨੇ ਸਾਢੇ ਚਾਰ ਸਾਲ ਦਾ ਬਕਾਇਆ ਦੇਣ ਦੀ ਬਜਾਏ ਸਿਰਫ਼ ਤਿੰਨ ਮਹੀਨਿਆਂ ਦੀ ਰਕਮ ਦੇ ਕੇ ਮਹਿਲਾਵਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਹੈ।

ਭਾਜਪਾ ਪ੍ਰਧਾਨ ਨੇ ਕਿਹਾ ਕਿ ਸਰਕਾਰ ਦੇ ਦਾਅਵਿਆਂ ਅਤੇ ਹਕੀਕਤ ਵਿੱਚ ਵੱਡਾ ਫ਼ਰਕ ਹੈ। ਉਨ੍ਹਾਂ ਮੁਤਾਬਕ ਪਹਿਲਾਂ ਯੋਜਨਾ ਦੇ ਲਾਭਪਾਤਰੀਆਂ ਦੀ ਗਿਣਤੀ 40 ਲੱਖ ਦੱਸੀ ਗਈ, ਬਾਅਦ ਵਿੱਚ 36 ਲੱਖ ਅਤੇ ਹੁਣ 32 ਲੱਖ ਦੱਸੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਆਪਣੇ ਅੰਕੜੇ ਹੀ ਦਰਸਾਉਂਦੇ ਹਨ ਕਿ ਸੂਬੇ ਦੀਆਂ ਅੱਧ ਤੋਂ ਵੱਧ ਮਹਿਲਾਵਾਂ ਅਜੇ ਵੀ ਯੋਜਨਾ ਦੇ ਲਾਭ ਤੋਂ ਵਾਂਝੀਆਂ ਹਨ।

ਢਿੱਲੋਂ ਨੇ ਦੋਸ਼ ਲਗਾਇਆ ਕਿ ਆਪਣੇ ਹੱਕਾਂ ਲਈ ਆਵਾਜ਼ ਉਠਾਉਣ ਵਾਲੀਆਂ ਮਹਿਲਾਵਾਂ ਨਾਲ ਪੁਲਿਸ ਵੱਲੋਂ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਖੰਨਾ ਵਿੱਚ ਮਨਰੇਗਾ ਮਹਿਲਾ ਮਜ਼ਦੂਰਾਂ ‘ਤੇ ਲਾਠੀਚਾਰਜ ਕੀਤਾ ਗਿਆ, ਬਰਨਾਲਾ ਵਿੱਚ ਸਫਾਈ ਕਰਮਚਾਰੀ ਮਹਿਲਾਵਾਂ ਨਾਲ ਕੁੱਟਮਾਰ ਕੀਤੀ ਗਈ, ਜਦਕਿ ਸੰਗਰੂਰ ਵਿੱਚ ਵੀ ਮਹਿਲਾਵਾਂ ਨਾਲ ਦੁਰਵਿਹਾਰ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਸਰਕਾਰ ਦਾ ਮਹਿਲਾ ਸਨਮਾਨ ਦਾ ਦਾਅਵਾ ਪੂਰੀ ਤਰ੍ਹਾਂ ਬੇਨਕਾਬ ਹੋ ਗਿਆ ਹੈ।

ਉਨ੍ਹਾਂ ਕਿਹਾ ਕਿ ਇੱਕ ਪਾਸੇ ਸਰਕਾਰ ‘ਸਤਿਕਾਰ ਯੋਜਨਾ’ ਦਾ ਪ੍ਰਚਾਰ ਕਰ ਰਹੀ ਹੈ, ਜਦਕਿ ਦੂਜੇ ਪਾਸੇ ਆਪਣੇ ਹੱਕਾਂ ਦੀ ਮੰਗ ਕਰਨ ਵਾਲੀਆਂ ਮਹਿਲਾਵਾਂ ਦੀ ਆਵਾਜ਼ ਦਬਾਈ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਪੰਜਾਬ ਦੀਆਂ ਮਾਵਾਂ-ਭੈਣਾਂ ਅਤੇ ਸੂਬੇ ਦੀ ਜਨਤਾ ਹੁਣ ਸਰਕਾਰ ਤੋਂ ਪੂਰੇ ਪੰਜ ਸਾਲਾਂ ਦਾ ਹਿਸਾਬ ਮੰਗ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮਹਿਲਾਵਾਂ ਨਾਲ ਹੋਏ ਕਥਿਤ ਅਨਿਆਂ ਅਤੇ ਚੋਣੀ ਵਾਅਦੇ ਪੂਰੇ ਨਾ ਕਰਨ ਦਾ ਜਵਾਬ ਜਨਤਾ ਆਉਣ ਵਾਲੀਆਂ ਚੋਣਾਂ ਵਿੱਚ ਦੇਵੇਗੀ।