ਜਲੰਧਰ (ਰਮੇਸ਼ ਗਾਬਾ): ਨੈਸ਼ਨਲ ਹੈਲਥ ਮਿਸ਼ਨ (ਐਨਐਚਐਮ) ਪੰਜਾਬ ਦੇ ਮੁਲਾਜ਼ਮਾਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਐਨਐਚਐਮ ਇੰਪਲਾਈਜ਼ ਯੂਨੀਅਨ ਪੰਜਾਬ ਦੀ ਸੂਬਾ ਪ੍ਰਧਾਨ ਸੰਦੀਪ ਕੌਰ ਬਰਨਾਲਾ ਨੇ ਕਿਹਾ ਕਿ 15 ਅਗਸਤ 2026 ਨੂੰ ਫਿਰੋਜ਼ਪੁਰ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਿਰੁੱਧ ਰੋਸ ਰੈਲੀ ਅਤੇ ਕਾਲੇ ਝੰਡਿਆਂ ਨਾਲ ਪ੍ਰਦਰਸ਼ਨ ਕੀਤਾ ਜਾਵੇਗਾ।
ਸੰਦੀਪ ਕੌਰ ਬਰਨਾਲਾ ਨੇ ਦੋਸ਼ ਲਗਾਇਆ ਕਿ ਸਿਹਤ ਵਿਭਾਗ ਵਿੱਚ ਪਿਛਲੇ 15 ਤੋਂ 20 ਸਾਲਾਂ ਤੋਂ ਠੇਕੇ ਦੇ ਆਧਾਰ ‘ਤੇ ਸੇਵਾਵਾਂ ਨਿਭਾ ਰਹੇ ਐਨਐਚਐਮ ਮੁਲਾਜ਼ਮਾਂ ਨਾਲ ਸਰਕਾਰ ਵੱਲੋਂ ਕੀਤੇ ਵਾਅਦੇ ਅਜੇ ਤੱਕ ਪੂਰੇ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਨਾ ਤਾਂ ਤਨਖ਼ਾਹਾਂ ਵਿੱਚ ਕੋਈ ਵਾਧਾ ਕੀਤਾ ਗਿਆ ਅਤੇ ਨਾ ਹੀ ਹੋਰ ਲੰਬਿਤ ਮੰਗਾਂ ਦਾ ਹੱਲ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਜੇਕਰ 15 ਅਗਸਤ ਤੋਂ ਪਹਿਲਾਂ ਸਰਕਾਰ ਵੱਲੋਂ ਐਮਰਜੈਂਸੀ ਮੀਟਿੰਗ ਬੁਲਾ ਕੇ ਤਨਖ਼ਾਹ ਵਾਧਾ, ਗ੍ਰੈਚੁਟੀ, ਉਮਰ ਹੱਦ ਵਿੱਚ ਵਾਧਾ ਅਤੇ ਹੋਰ ਮੰਗਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਨਾ ਕੀਤਾ ਗਿਆ ਤਾਂ ਰੋਸ ਰੈਲੀ ਤੋਂ ਤੁਰੰਤ ਬਾਅਦ ਐਨਐਚਐਮ ਮੁਲਾਜ਼ਮ ਅਣਮਿੱਥੇ ਸਮੇਂ ਲਈ ਹੜਤਾਲ ‘ਤੇ ਜਾਣ ਲਈ ਮਜਬੂਰ ਹੋਣਗੇ।
ਯੂਨੀਅਨ ਦੀ ਸੂਬਾ ਸਕੱਤਰ ਡਾ. ਪੰਖੁੜੀ (ਜਲੰਧਰ) ਨੇ ਕਿਹਾ ਕਿ ਐਨਐਚਐਮ ਮੁਲਾਜ਼ਮ ਸਰਕਾਰ ਦੀਆਂ ਸਿਹਤ ਸੇਵਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਦਿਨ-ਰਾਤ ਕੰਮ ਕਰ ਰਹੇ ਹਨ, ਪਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ।
ਯੂਨੀਅਨ ਆਗੂ ਗੁਰਪ੍ਰੀਤ ਭੁੱਲਰ (ਸ੍ਰੀ ਮੁਕਤਸਰ ਸਾਹਿਬ) ਅਤੇ ਡਾ. ਵਾਹਿਦ (ਮਲੇਰਕੋਟਲਾ) ਨੇ ਵੀ ਸਰਕਾਰ ਤੋਂ ਮੰਗ ਕੀਤੀ ਕਿ ਠੇਕਾ ਪ੍ਰਥਾ ਹੇਠ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਰਾਹਤ ਦਿੰਦਿਆਂ ਤਨਖ਼ਾਹਾਂ ਵਿੱਚ ਵਾਧਾ, ਗ੍ਰੈਚੁਟੀ ਅਤੇ ਉਮਰ ਹੱਦ ਵਿੱਚ ਵਾਧੇ ਸਬੰਧੀ ਨੋਟੀਫਿਕੇਸ਼ਨ ਤੁਰੰਤ ਜਾਰੀ ਕੀਤਾ ਜਾਵੇ।
ਯੂਨੀਅਨ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਸਮੇਂ ਸਿਰ ਮੰਗਾਂ ਨਾ ਮੰਨੀਆਂ ਤਾਂ 15 ਅਗਸਤ ਨੂੰ ਫਿਰੋਜ਼ਪੁਰ ਵਿੱਚ ਮੁੱਖ ਮੰਤਰੀ ਦੇ ਦੌਰੇ ਦੌਰਾਨ ਕਾਲੇ ਝੰਡਿਆਂ ਨਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਇਸ ਤੋਂ ਬਾਅਦ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

More Stories
ਜਲੰਧਰ ’ਚ HSRP ਤੋਂ ਬਿਨਾਂ ਵਾਹਨਾਂ ਨੂੰ ਪੈਟਰੋਲ-ਡੀਜ਼ਲ ਨਹੀਂ ਮਿਲੇਗਾ
ਪਤੰਜਲੀ ਦੇ ਉਤਪਾਦਾਂ ’ਚ ਮਿਲਾਵਟ ਸਾਬਤ ਹੋਈ ਤਾਂ ਫਾਹੇ ਲਾ ਦੇਣਾ : ਰਾਮਦੇਵ ਨੇ ਮਿਲਾਵਟ ਦੇ ਦਾਅਵਿਆਂ ਨੂੰ ਸਾਜ਼ਿਸ਼ ਕਰਾਰ ਦਿੱਤਾ
*ਫੋਰਟਿਸ ਹਸਪਤਾਲ ਜਲੰਧਰ ਨੇ 111 ਸਫਲ ਸਟੇਮੀ STEMI ਇੰਟਰਵੈਂਸ਼ਨਾਂ ਦੇ ਨਾਲ ਇੱਕ ਵੱਡੀ ਉਪਲਬਧੀ ਹਾਸਲ ਕੀਤੀ, ਜਿਸ ਨਾਲ ਐਮਰਜੈਂਸੀ ਕਾਰਡਿਅਕ ਕੇਅਰ ਨੂੰ ਹੁਲਾਰਾ ਮਿਲਿਆ*