ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਕਾਲ ਅਕੈਡਮੀ ਥੇਹ ਕਲੰਦਰ ਵਿਖੇ ਧਾਰਮਿਕ ਸਮਾਗਮ ਕਰਵਾਇਆ

ਜਲੰਧਰ, :(ਰਮੇਸ਼ ਗਾਬਾ) ਜੁਗੋ ਜੱਗ ਅਟੱਲ ਧੰਨ ਧੰਨ ਸਾਹਿਬ ਸ੍ਰੀ ਗੁਰੂ ਗਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਕਲਗੀਧਰ ਟਰੱਸਟ, ਬੜੂ ਸਾਹਿਬ ਦੇ ਅਧੀਨ ਚੱਲ ਰਹੀ ਅਕਾਲ ਅਕੈਡਮੀ ਥੇਹ ਕਲੰਦਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਗਿਆ। ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬਾਣੀ, ਸਰਬੱਤ ਦੇ ਭਲੇ ਅਤੇ ਮਨੁੱਖਤਾ ਦੀ ਸੇਵਾ ਦੇ ਮਹਾਨ ਸੰਦੇਸ਼ ਨਾਲ ਜੋੜਨਾ ਸੀ।

ਸਮਾਗਮ ਦੀ ਸ਼ੁਰੂਆਤ ਨਿਤਨੇਮ ਦੀਆਂ ਪੰਜ ਬਾਣੀਆਂ ਦੇ ਪਾਠ ਅਤੇ ਸ਼ਬਦ ਕੀਰਤਨ ਨਾਲ ਹੋਈ। ਇਸ ਉਪਰੰਤ ਵਿਦਿਆਰਥੀਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਹਾਨਤਾ, ਗੁਰਬਾਣੀ ਦੇ ਸਰਬ-ਸਾਂਝੇ ਸੰਦੇਸ਼, ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਤੇ ਨਿਸ਼ਕਾਮ ਸੇਵਾ ਦੇ ਮਹੱਤਵ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਗਏ।

ਇਸ ਮੌਕੇ ਵਿਦਿਆਰਥੀਆਂ ਵੱਲੋਂ ਭਾਸ਼ਣ, ਧਾਰਮਿਕ ਪ੍ਰਸ਼ਨੋਤਰੀ, ਭਗਤਾਂ ਅਤੇ ਭੱਟਾਂ ਦੇ ਨਾਂਵਾਂ ਨਾਲ ਸਬੰਧਤ ਗਤੀਵਿਧੀਆਂ ਅਤੇ ਕਵਿਤਾਵਾਂ ਰਾਹੀਂ ਗੁਰਬਾਣੀ ਦੇ ਜੀਵਨ-ਜਾਚ ਨਾਲ ਜੁੜੇ ਵੱਖ-ਵੱਖ ਪੱਖਾਂ ਨੂੰ ਉਜਾਗਰ ਕੀਤਾ ਗਿਆ। ਇਨ੍ਹਾਂ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਅਪਣਾਉਣ ਅਤੇ ਸੱਚਾਈ, ਨਿਮਰਤਾ, ਸੇਵਾ, ਦਇਆ ਤੇ ਪਰਉਪਕਾਰ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ ਗਿਆ।

ਇਸ ਮੌਕੇ ਅਕੈਡਮੀ ਦੀ ਪ੍ਰਿੰਸੀਪਲ ਗੁਰਜੀਤ ਕੌਰ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਦੀਆਂ ਹਾਰਦਿਕ ਵਧਾਈਆਂ ਦਿੱਤੀਆਂ। ਆਪਣੇ ਸੰਦੇਸ਼ ਵਿੱਚ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੁੱਚੀ ਮਨੁੱਖਤਾ ਨੂੰ ਸੱਚ, ਪ੍ਰੇਮ, ਸਮਾਨਤਾ, ਨਿਮਰਤਾ ਅਤੇ ਸਰਬੱਤ ਦੇ ਭਲੇ ਦਾ ਮਹਾਨ ਸੰਦੇਸ਼ ਦਿੰਦੇ ਹਨ।

ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਗੁਰਬਾਣੀ ਦੀਆਂ ਸਿੱਖਿਆਵਾਂ ਨੂੰ ਕੇਵਲ ਪੜ੍ਹਨਾ ਹੀ ਨਹੀਂ, ਸਗੋਂ ਉਨ੍ਹਾਂ ਨੂੰ ਆਪਣੇ ਜੀਵਨ ਵਿੱਚ ਅਮਲ ਵਿੱਚ ਲਿਆਉਣਾ ਹੀ ਇਸ ਪਾਵਨ ਦਿਹਾੜੇ ਦੀ ਸੱਚੀ ਸਾਰਥਕਤਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਹਮੇਸ਼ਾ ਦੂਜਿਆਂ ਦੀ ਮਦਦ ਕਰਨ, ਨਿਸ਼ਕਾਮ ਸੇਵਾ ਕਰਨ, ਹਰ ਮਨੁੱਖ ਦਾ ਸਤਿਕਾਰ ਕਰਨ ਅਤੇ ਆਪਣੇ ਜੀਵਨ ਵਿੱਚ ਨਿਮਰਤਾ ਤੇ ਪਰਉਪਕਾਰ ਦੀ ਭਾਵਨਾ ਪੈਦਾ ਕਰਨ ਲਈ ਪ੍ਰੇਰਿਤ ਕੀਤਾ।

ਪ੍ਰਿੰਸੀਪਲ ਨੇ ਕਿਹਾ ਕਿ ਅਜਿਹੇ ਧਾਰਮਿਕ ਅਤੇ ਸਿੱਖਿਆਤਮਕ ਸਮਾਗਮ ਵਿਦਿਆਰਥੀਆਂ ਦੇ ਚਰਿੱਤਰ ਨਿਰਮਾਣ ਦੇ ਨਾਲ-ਨਾਲ ਉਨ੍ਹਾਂ ਵਿੱਚ ਨੈਤਿਕ ਅਤੇ ਅਧਿਆਤਮਿਕ ਕਦਰਾਂ-ਕੀਮਤਾਂ ਦੇ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਸਮਾਗਮ ਦੌਰਾਨ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਨੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਅਤੇ ਮਨੁੱਖਤਾ ਦੀ ਸੇਵਾ ਲਈ ਸਮਰਪਿਤ ਰਹਿਣ ਦਾ ਸੰਦੇਸ਼ ਦਿੱਤਾ।