ਅਟਾਰੀ ਬਜ਼ਾਰ ਤੇ ਕੈਂਚੀਆਂ ਵਾਲਾ ਬਜ਼ਾਰ ਸੀਵਰੇਜ ਜਾਮ, ਦੁਕਾਨਦਾਰਾਂ ਦਾ ਕਾਰੋਬਾਰ ਪ੍ਰਭਾਵਿਤ

ਦੋ ਮਹੀਨਿਆਂ ਤੋਂ ਗੰਦਾ ਪਾਣੀ ਸੜਕਾਂ ’ਤੇ ਫੈਲਿਆ, ਬਦਬੂ ਤੇ ਮੱਖੀਆਂ-ਮੱਛਰਾਂ ਤੋਂ ਲੋਕ ਪਰੇਸ਼ਾਨ

ਜਲੰਧਰ:(ਰਮੇਸ਼ ਗਾਬਾ) ਪਿਛਲੇ ਕਰੀਬ ਦੋ ਮਹੀਨਿਆਂ ਤੋਂ ਅਟਾਰੀ ਬਜ਼ਾਰ ਅਤੇ ਕੈਂਚੀਆਂ ਵਾਲਾ ਬਜ਼ਾਰ ਵਿੱਚ ਸੀਵਰੇਜ ਬੰਦ ਹੋਣ ਕਾਰਨ ਦੁਕਾਨਦਾਰਾਂ ਅਤੇ ਆਮ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬੰਦ ਸੀਵਰੇਜ ਕਾਰਨ ਗੰਦਾ ਪਾਣੀ ਬਜ਼ਾਰ ਵਿੱਚ ਫੈਲਿਆ ਹੋਇਆ ਹੈ, ਜਿਸ ਕਾਰਨ ਇਲਾਕੇ ਵਿੱਚ ਗੰਦਗੀ ਅਤੇ ਬਦਬੂ ਦਾ ਮਾਹੌਲ ਬਣਿਆ ਹੋਇਆ ਹੈ।

ਦੁਕਾਨਦਾਰਾਂ ਦਾ ਕਹਿਣਾ ਹੈ ਕਿ ਗੰਦੇ ਪਾਣੀ ਅਤੇ ਬਦਬੂ ਕਾਰਨ ਗਾਹਕ ਹੁਣ ਬਜ਼ਾਰ ਵਿੱਚ ਆਉਣ ਤੋਂ ਗੁਰੇਜ਼ ਕਰਨ ਲੱਗੇ ਹਨ। ਇਸ ਦਾ ਸਿੱਧਾ ਅਸਰ ਉਨ੍ਹਾਂ ਦੇ ਕਾਰੋਬਾਰ ’ਤੇ ਪੈ ਰਿਹਾ ਹੈ ਅਤੇ ਵਿਕਰੀ ਘਟਣ ਕਾਰਨ ਦੁਕਾਨਦਾਰਾਂ ਨੂੰ ਵਿੱਤੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਬਜ਼ਾਰ ਵਿੱਚ ਗੰਦੇ ਪਾਣੀ ਦੇ ਖੜ੍ਹੇ ਰਹਿਣ ਕਾਰਨ ਮੱਖੀਆਂ ਅਤੇ ਮੱਛਰਾਂ ਦੀ ਭਰਮਾਰ ਹੋ ਗਈ ਹੈ। ਇਸ ਤੋਂ ਇਲਾਵਾ ਬਦਬੂ ਕਾਰਨ ਲੋਕਾਂ ਲਈ ਇੱਥੋਂ ਲੰਘਣਾ ਵੀ ਮੁਸ਼ਕਲ ਹੋ ਗਿਆ ਹੈ। ਗੰਦੇ ਪਾਣੀ ਕਾਰਨ ਇਲਾਕੇ ਵਿੱਚ ਬਿਮਾਰੀਆਂ ਫੈਲਣ ਦਾ ਖਦਸ਼ਾ ਵੀ ਬਣਿਆ ਹੋਇਆ ਹੈ।

ਦੁਕਾਨਦਾਰਾਂ ਨੇ ਨਗਰ ਨਿਗਮ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਤੁਰੰਤ ਸੁਪਰ ਸਕਸ਼ਨ ਮਸ਼ੀਨ ਲਗਾ ਕੇ ਬੰਦ ਸੀਵਰੇਜ ਦਾ ਜਾਮ ਖੋਲ੍ਹਿਆ ਜਾਵੇ ਅਤੇ ਗੰਦੇ ਪਾਣੀ ਦੀ ਸਮੱਸਿਆ ਦਾ ਸਥਾਈ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਚੱਲ ਰਹੀ ਇਸ ਸਮੱਸਿਆ ਕਾਰਨ ਜਿੱਥੇ ਲੋਕ ਪਰੇਸ਼ਾਨ ਹਨ, ਉੱਥੇ ਹੀ ਬਜ਼ਾਰ ਦੇ ਵਪਾਰ ’ਤੇ ਵੀ ਮਾੜਾ ਪ੍ਰਭਾਵ ਪੈ ਰਿਹਾ ਹੈ।