ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ, ਐੱਚਡੀਐੱਫਸੀ ਬੈਂਕ ਨੂੰ ਕੀਤਾ ਡੀਇੰਪੈਨਲ

ਚੰਡੀਗੜ੍ਹ (TLT) ਪੰਜਾਬ ਸਰਕਾਰ ਨੇ ਇਕ ਵੱਡਾ ਕਦਮ ਚੁੱਕਦੇ ਹੋਏ ਐੱਚਡੀਐੱਫਸੀ ਬੈਂਕ ਨੂੰ ਡੀਇੰਪੈਨਲ ਕਰ ਦਿੱਤਾ ਹੈ। ਸੂਬਾ ਸਰਕਾਰ ਨੇ ਇਹ ਕਦਮ ਉਸ ਸਮੇਂ ਚੁੱਕਿਆ, ਜਦੋਂ ਪਿਛਲੇ ਦਿਨੀਂ ਸਾਰੇ ਵਿਭਾਗਾਂ ਨੂੰ ਅਲਾਟ ਕੀਤੇ ਗਏ ਪੈਸੇ ਨੂੰ ਵਾਪਸ ਦੇਣ ਲਈ ਕਿਹਾ ਗਿਆ ਸੀ। ਮੰਨਿਆ ਜਾ ਰਿਹਾ ਹੈ ਕਿ ਐੱਚਡੀਐੱਫਸੀ ਬੈਂਕ ਨੇ ਸਮੇਂ ’ਤੇ ਇਹ ਰਕਮ ਟ੍ਰਾਂਸਫਰ ਨਹੀਂ ਕੀਤੀ, ਜਿਸ ਕਾਰਨ ਸਰਕਾਰ ਨੇ ਵਿੱਤੀ ਲੈਣਦੇਣ ਪ੍ਰਭਾਵਿਤ ਹੋਏ। ਇਸ ਗੱਲ ਦਾ ਸਖ਼ਤ ਨੋਟਿਸ ਲੈਂਦੇ ਹੋਏ ਵਿੱਤ ਵਿਭਾਗ ਨੇ ਸਾਰੇ ਵਿਭਾਗਾਂ ਦੇ ਸਕੱਤਰਾਂ, ਡਾਇਰੈਕਟਰਾਂ, ਪੰਚਾਇਤਾਂ, ਡਿਵੈਲਪਮੈਂਟ ਅਥਾਰਟੀਆਂ ਤੇ ਬੋਰਡ ਕਾਰਪੋਰੇਸ਼ਨਾਂ ਨੂੰ ਪੱਤਰ ਲਿਖ ਕੇ ਕਿਹਾ ਕਿ ਐੱਚਡੀਐੱਫਸੀ ਬੈਂਕ ਸੂਬਾ ਸਰਕਾਰ ਦੇ ਨਾਲ ਉਸਦੇ ਸਮਾਂਬੱਧ ਵਿੱਤੀ ਲੈਣਦੇਣ ਨੂੰ ਪੂਰਾ ਕਰਨ ਲਈ ਭੇਜੇ ਜਾ ਰਹੇ ਹੁਕਮਾਂ ਦੀ ਪਾਲਣਾ ਕਰਨ ’ਚ ਸਹਿਯੋਗ ਨਹੀਂ ਕਰ ਰਿਹਾ। ਇਨ੍ਹਾਂ ਹਾਲਾਤ ਨੂੰ ਦੇਖਦੇ ਹੋਏ ਐੱਚਡੀਐੱਫਸੀ ਬੈਂਕ ਨਾਲ ਕਿਸੇ ਵੀ ਤਰ੍ਹਾਂ ਦਾ ਸਰਕਾਰੀ ਬਿਜ਼ਨੈੱਸ ਬਣਾਈ ਰੱਖਣਾ ਔਖਾ ਹੈ। ਇਸ ਕਾਰਨ ਐੱਚਡੀਐੱਫਸੀ ਬੈਂਕ ਨੂੰ ਡੀਇੰਪੈਨਲਮੈਂਟ ਕੀਤਾ ਜਾਂਦਾ ਹੈ। ਉਨ੍ਹਾਂ ਨਾਲ ਕੋਈ ਸਰਕਾਰੀ ਲੈਣਦੇਣ ਨਾ ਕੀਤਾ ਜਾਵੇ।

ਵਿੱਤ ਵਿਭਾਗ ਨੇ ਸਾਰੇ ਵਿਭਾਗਾਂ ਨੂੰ ਬੈਂਕਾਂ ਦੀ ਇਕ ਸੂਚੀ ਜਾਰੀ ਕੀਤੀ ਹੈ ਤੇ ਕਿਹਾ ਹੈ ਕਿ ਇਨ੍ਹਾਂ ’ਚੋਂ ਕਿਸੇ ਵੀ ਬੈਂਕ ਨਾਲ ਲੈਣ-ਦੇਣ ਕੀਤਾ ਜਾ ਸਕਦਾ ਹੈ। ਇਨ੍ਹਾਂ ’ਚ ਸੈਂਟਰਲ ਬੈਂਕ, ਪੰਜਾਬ ਗ੍ਰਾਮੀਣ ਬੈਂਕ, ਕੈਨਰਾ ਬੈਂਕ, ਪੰਜਾਬ ਨੈਸ਼ਨਲ ਬੈਂਕ, ਪੰਜਾਬ ਐਂਡ ਸਿੰਧ ਬੈਂਕ, ਸਟੇਟ ਬੈਂਕ ਆਫ ਇੰਡੀਆ, ਯੂਨੀਅਨ ਬੈਂਕ ਆਫ ਇੰਡੀਆ, ਬੈਂਕ ਆਫ ਇੰਡੀਆ, ਯੂਕੋ ਬੈਂਕ, ਇੰਡੂਸਿੰਡ ਬੈਂਕ, ਆਈਸੀਆਈਸੀਆਈ ਬੈਂਕ, ਬੈਂਕ ਆਫ ਬੜੌਦਾ, ਆਈਡੀਬੀਆਈ ਬੈਂਕ, ਕੈਪੀਟਲ ਸਮਾਲ ਫਾਈਨਾਂਸ ਬੈਂਕ, ਏਯੂ ਸਮਾਲ ਫਾਈਨਾਂਸ ਬੈਂਕ, ਪੰਜਾਬ ਸਟੇਟ ਕੋਆਪ੍ਰੇਟਿਵ ਬੈਂਕ, ਕੋਟਕ ਮਹਿੰਦਰਾ ਬੈਂਕ, ਯੈੱਸ ਬੈਂਕ, ਫੈਡਰਲ ਬੈਂਕ ਤੇ ਬੈਂਕ ਆਫ ਮਹਾਰਾਸ਼ਟਰ ਨੂੰ ਸ਼ਾਮਲ ਕੀਤਾ ਗਿਆ ਹੈ।