ਦੇਸ਼ ਭਗਤਾਂ ’ਤੇ 25 ਸਰਕਾਰੀ ਸਕੂਲਾਂ ਦੇ ਨਾਂ ਰੱਖਣ ਸਬੰਧੀ ਨੋਟੀਫਿਕੇਸ਼ਨ ਜਾਰੀ

 ਐੱਸਏਐੱਸ ਨਗਰ (TLT) ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਸੰਗਰਾਮ ਦੇ ਸ਼ਹੀਦਾਂ ਤੇ ਆਜ਼ਾਦੀ ਲਈ ਆਪਣਾ ਸਭ ਕੁਝ ਨਿਛਾਵਰ ਕਰਨ ਵਾਲੇ ਮਹਾਨ ਯੋਧਿਆਂ ਦੀ ਯਾਦ ਨੂੰ ਸਦਕੇ ਸਥਾਈ ਰੂਪ ਦੇਣ ਦੇ ਉਦੇਸ਼ ਨਾਲ, ਸੂਬੇ ਦੇ 25 ਸਰਕਾਰੀ ਸਕੂਲਾਂ ਦੇ ਨਾਮ ਉਨ੍ਹਾਂ ਦੇਸ਼ ਭਗਤਾਂ ਦੇ ਨਾਂ ’ਤੇ ਰੱਖਣ ਦੀ ਪ੍ਰਕਿਰਿਆ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਸਕੱਤਰ ਸਕੂਲ ਸਿੱਖਿਆ ਵਿਭਾਗ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

ਇਹ ਸਕੂਲ ਪਟਿਆਲਾ ਦੇ ਤਿੰਨ ਸਕੂਲ ਅਤੇ ਮੁਕਤਸਰ ਸਾਹਿਬ, ਪਠਾਨਕੋਟ, ਮਾਨਸਾ, ਫਤਿਹਗੜ੍ਹ ਸਾਹਿਬ, ਹੁਸ਼ਿਆਰਪੁਰ, ਫ਼ਰੀਦਕੋਟ, ਅੰਮ੍ਰਿਤਸਰ ਸਾਹਿਬ, ਮਲੇਰਕੋਟਲਾ, ਫਾਜ਼ਿਲਕਾ, ਬਰਨਾਲਾ, ਬਠਿੰਡਾ ਜ਼ਿਲ੍ਹੇ ਦੇ ਸਰਕਾਰੀ ਐਲੀਮੈਂਟਰੀ ਤੇ ਸਰਕਾਰੀ ਹਾਈ ਸਕੂਲ ਸ਼ਾਮਲ ਹਨ। ਦੇਸ਼ ਦੀ ਆਜ਼ਾਦੀ ਲਈ ਪਾਏ ਯੋਗਦਾਨ ਨੂੰ ਵਿਰਾਸਤ ਵਜੋਂ ਸੰਭਾਲ ਕੇ ਰੱਖਣ ਲਈ ਪੰਜਾਬ ਸਰਕਾਰ ਦੇ ਫਰੀਡਮ ਫਾਈਟਰ ਵਿਭਾਗ ਦਾ ਵਿਸ਼ੇਸ਼ ਧੰਨਵਾਦ ਕਰਦਿਆਂ, ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਐਸੋਸੀਏਸ਼ਨ ਪੰਜਾਬ (ਰਜਿ. ਨੰ. 234) ਦੇ ਸੂਬਾ ਜਨਰਲ ਸਕੱਤਰ ਇੰਦਰਪਾਲ ਸਿੰਘ ਧਾਲੀਵਾਲ ਸੋਨੀ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਸਭ ਤੋਂ ਵੱਧ ਕੁਰਬਾਨੀਆਂ ਪੰਜਾਬ ਦੇ ਯੋਧਿਆਂ ਨੇ ਦਿੱਤੀਆਂ ਹਨ। ਉਨ੍ਹਾਂ ਦੀਆਂ ਕੁਰਬਾਨੀਆਂ ਸਦਕਾ ਹੀ ਅੱਜ ਸਾਰੇ ਆਜ਼ਾਦੀ ਦਾ ਨਿੱਘ ਮਾਣ ਰਹੇ ਹਨ। ਉਨ੍ਹਾਂ ਕਿਹਾ ਕਿ ਸੁਤੰਤਰਤਾ ਸੰਗਰਾਮੀਆਂ ਦੀ ਜੀਵਨੀ ਤੋਂ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਪ੍ਰੇਰਨਾ ਮਿਲਦੀ ਰਹੇਗੀ ਤੇ ਦੇਸ਼ ਦੀ ਤਰੱਕੀ ਲਈ ਅੱਗੇ ਆਉਣ ਦਾ ਹੌਸਲਾ ਮਿਲੇਗਾ।