ਅੰਮ੍ਰਿਤਸਰ :TLT NEWS/ ਆਰਟੀਫੀਸ਼ਲ ਇੰਟੈਲੀਜੈਂਸ (ਏਆਈ) ਤਕਨੀਕ ਦੀ ਦੁਰਵਰਤੋਂ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗ਼ਲਤ ਵੀਡੀਓ ਬਣਾਏ ਜਾਣ ਦਾ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰਾਰ ਦਿੰਦਿਆਂ ਅਜਿਹੇ ਵਰਤਾਰੇ ’ਤੇ ਸਰਕਾਰਾਂ ਤੋਂ ਤੁਰੰਤ ਰੋਕ ਦੀ ਮੰਗ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਏਆਈ ਤਕਨੀਕ ਨਾਲ ਤਿਆਰ ਅਜਿਹੀਆਂ ਵੀਡੀਓ ਨਾ ਸਿਰਫ ਸਿੱਖੀ ਦੇ ਮੁੱਢਲੇ ਸਿਧਾਂਤਾਂ ਦੀ ਉਲੰਘਣਾ ਹੈ, ਸਗੋਂ ਵਿਸ਼ਵ ਪੱਧਰੀ ਧਾਰਮਿਕ ਸੰਵੇਦਨਸ਼ੀਲਤਾ ਨੂੰ ਵੀ ਠੇਸ ਪਹੁੰਚਾਉਣ ਵਾਲੀ ਹਰਕਤ ਹੈ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਸਿੱਖ ਕੌਮ ਦਾ ਕੇਂਦਰੀ ਅਸਥਾਨ ਹੈ, ਜਿਥੋਂ ਸਮੁੱਚੀ ਮਨੁੱਖਤਾ ਨੂੰ ਸਰਬ ਸਾਂਝੀਵਾਲਤਾ ਦਾ ਉਪਦੇਸ਼ ਮਿਲਦਾ ਹੈ ਪਰ ਕੁਝ ਲੋਕਾਂ ਦੀ ਗ਼ਲਤ ਪਹੁੰਚ ਸੰਗਤ ਦੀਆਂ ਭਾਵਨਾਵਾਂ ਨੂੰ ਸੱਟ ਮਾਰਦੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਏਆਈ ਤਕਨੀਕ ਦੀ ਦੁਰਵਰਤੋਂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦੇ ਸਾਈਬਰ ਕਰਾਈਮ ਸੈੱਲ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਅਜਿਹੇ ਮਾਮਲਿਆਂ ’ਤੇ ਰੋਕ ਲਗਾਉਂਣ ਲਈ ਠੋਸ ਯਤਨ ਕਰੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪਹਿਲਾਂ ਵੀ ਏਆਈ ਪਲੇਟਫਾਰਮਾਂ ’ਤੇ ਗੁਰਬਾਣੀ, ਸਿੱਖ ਇਤਿਹਾਸ ਅਤੇ ਗੁਰਮਤਿ ਦੀ ਗਲਤ ਜਾਣਕਾਰੀ ਦੇਣ ਦੇ ਮਾਮਲਿਆਂ ਨੂੰ ਲੈ ਕੇ ਜਿਥੇ ਵੱਖ-ਵੱਖ ਪਲੇਟਫਾਰਮਾਂ ਤੱਕ ਪਹੁੰਚ ਕਰ ਚੁੱਕੀ ਹੈ ਅਤੇ ਬਹੁਤ ਸਾਰੀਆਂ ਵੀਡੀਓ ਰਿਪੋਰਟ ਕਰ ਕੇ ਹਟਾਈਆਂ ਵੀ ਗਈਆਂ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਬੇਹੱਦ ਸੰਜੀਦਾ ਮਾਮਲਾ ਹੈ। ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਵਾਲੀਆਂ ਅਜਿਹੀਆਂ ਕਾਰਵਾਈਆਂ ’ਤੇ ਰੋਕ ਲਈ ਇਸ ਖੇਤਰ ਵਿਚ ਕੰਮ ਕਰ ਰਹੇ ਲੋਕਾਂ ਅਤੇ ਸੰਸਥਾਵਾਂ ਦੇ ਸਹਿਯੋਗ ਲਈ ਸ਼੍ਰੋਮਣੀ ਕਮੇਟੀ ਜਲਦ ਮੀਟਿੰਗ ਕਰੇਗੀ। ਧਾਮੀ ਨੇ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਇਸ ਸੰਜੀਦਾ ਮਸਲੇ ਸਬੰਧੀ ਗੰਭੀਰਤਾ ਦਿਖਾਉਂਦਿਆਂ ਜ਼ਰੂਰੀ ਕਦਮ ਚੁੱਕਣ ਅਤੇ ਠੋਸ ਨੀਤੀ ਬਣਾ ਕੇ ਇਸ ਚਲਣ ਨੂੰ ਰੋਕਿਆ ਜਾਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਜਿਹੀਆਂ ਵੀਡੀਓ ਨੂੰ ਪ੍ਰਚਾਰਨ ਦੀ ਥਾਂ ਇਸ ’ਤੇ ਰੋਕ ਲਗਾਉਂਣ ਲਈ ਰਿਪੋਰਟ ਕੀਤੀ ਜਾਵੇ।

More Stories
ਫਰਜ਼ੀ ਪੁਲਿਸ ਬਣ ਕੇ ਗੰਨ ਹਾਊਸ ਤੋਂ ਪਿਸਤੌਲ ਲੈ ਉੱਡਿਆ ਮੁਲਜ਼ਮ, ਹੁਣ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਰਾਜਾਸਾਂਸੀ ਹਵਾਈ ਅੱਡੇ ਤੋਂ ਹਵਾਈ ਉਡਾਣ ਦੇਰੀ ਨਾਲ ਹੋਣ ਕਾਰਨ ਯਾਤਰੀ ਹੋ ਰਹੇ ਖੱਜਲ-ਖੁਆਰ
ਟੈਕਸ ਦੇਣ ਦੇ ਬਾਵਜੂਦ ਪਿੰਡਾਂ ਦੀਆਂ ਸੜਕਾਂ ਦੀ ਹਾਲਤ ਖਸਤਾ ਰਖਣਾ ਗੈਰ ਸੰਵਿਧਾਨਕ