ਮੁੱਖ ਮੰਤਰੀ ਨੇ ਰਾਸ਼ਟਰਪਤੀ ਨੂੰ 350ਵੇਂ ਸ਼ਹੀਦੀ ਦਿਵਸ ਸਮਾਗਮਾਂ ’ਚ ਸ਼ਾਮਲ ਹੋਣ ਦਾ ਦਿੱਤਾ ਸੱਦਾ

ਨਵੀਂ ਦਿੱਲੀ TLT NEWS/ : ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਰਾਸ਼ਟਰਪਤੀ ਭਵਨ ਵਿਖੇ ਮੁੱਖ ਮੰਤਰੀ ਨੇ ਰਾਸ਼ਟਰਪਤੀ ਨੂੰ ਇਸ ਇਤਿਹਾਸਕ ਮੌਕੇ ਪਵਿੱਤਰ ਸਮਾਗਮਾਂ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਪਵਿੱਤਰ ਸਮਾਗਮਾਂ ਦਾ ਵਿਸਥਾਰਤ ਰਸਮੀ ਪ੍ਰੋਗਰਾਮ ਭਾਰਤ ਦੇ ਰਾਸ਼ਟਰਪਤੀ ਨਾਲ ਸਾਂਝਾ ਕਰ ਕੇ ਉਨ੍ਹਾਂ ਨੂੰ ਆਪਣੀ ਸਹੂਲਤ ਅਨੁਸਾਰ ਇਨ੍ਹਾਂ ਸਮਾਗਮਾਂ ਵਿਚ ਸ਼ਾਮਲ ਹੋਣ ਦੀ ਬੇਨਤੀ ਕੀਤੀ ਗਈ ਹੈ।ਮੁੱਖ ਮੰਤਰੀ ਨੇ ਕਿਹਾ ਕਿ ‘ਹਿੰਦ ਦੀ ਚਾਦਰ’ (ਧਰਮ ਦੇ ਰਾਖੇ) ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਦੇ ਇਤਿਹਾਸਕ ਮੌਕੇ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ’ਤੇ ਸਮਾਗਮ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਇਹ ਲੜੀਵਾਰ ਸਮਾਗਮ ਸੂਬੇ ਭਰ ਵਿੱਚ ਅਥਾਹ ਸ਼ਰਧਾ ਤੇ ਸਤਿਕਾਰ ਨਾਲ ਕਰਵਾਏ ਜਾਣਗੇ ਅਤੇ ਇਹ ਇਤਿਹਾਸਕ ਸਮਾਗਮ ਮੁੱਖ ਤੌਰ ’ਤੇ ਸੂਬਾ ਸਰਕਾਰ ਦੀ ਦੇਖ-ਰੇਖ ਹੇਠ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ’ਤੇ ਕਰਵਾਏ ਜਾਣਗੇ। ਮਾਨ ਨੇ ਕਿਹਾ ਕਿ 24 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਵਿਖੇ ਹੋਵੇਗਾ, ਜਿੱਥੇ ਪ੍ਰਮੁੱਖ ਸ਼ਖਸੀਅਤਾਂ ਗੁਰੂ ਸਾਹਿਬ ਦੇ ਜੀਵਨ, ਫ਼ਲਸਫ਼ੇ ਅਤੇ ਧਾਰਮਿਕ ਆਜ਼ਾਦੀ ਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਉਨ੍ਹਾਂ ਦੀ ਲਾਸਾਨੀ ਸ਼ਹਾਦਤ ਬਾਰੇ ਆਪਣੇ ਵਿਚਾਰ ਸਾਂਝੇ ਕਰਨਗੀਆਂ।