ਅੰਮ੍ਰਿਤਸਰ TLT NEWS/ : ਗੁਰੂ ਨਾਨਕ ਦੇਵ ਯੂਨੀਵਰਸਿਟੀ ਅਗਲੇ ਸੈਸ਼ਨ ਤੋਂ ਹਰ ਵਿਦਿਆਰਥੀ ਲਈ ਸਿੱਖ ਧਰਮ ਦੀ ਮੁੱਢਲੀ ਜਾਣਕਾਰੀ ਦਾ ਵੱਖਰਾ ਲਾਜ਼ਮੀ ਕੋਰਸ ਸ਼ੁਰੂ ਕਰਨ ਦੇ ਨਾਲ ਸਿੱਖ ਫ਼ਿਲਾਸਫ਼ੀ ਵਿਭਾਗ ਨੂੰ ਮੁੜ ਸੁਰਜੀਤ ਕਰ ਕੇ ਗੁਰਮਿਤ ਸੰਗੀਤ, ਸਿੱਖ ਥਿਊਲੋਜੀ ਤੇ ਗੁਰਮਤਿ ਸਾਹਿਤ ਵਿਚ ਸਰਟੀਫਿਕੇਟ ਤੇ ਡਿਪਲੋਮਾ ਕੋਰਸ ਸ਼ੁਰੂ ਕਰੇਗੀ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 56ਵੇਂ ਸਥਾਪਨਾ ਦਿਵਸ ਸਮਾਰੋਹ ਦੌਰਾਨ ਪ੍ਰਧਾਨਗੀ ਭਾਸ਼ਣ ਦਿੰਦਿਆਂ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਨੇ ਐਲਾਨ ਕੀਤਾ ਕਿ ਇਸ ਤੋਂ ਇਲਾਵਾ ਜਲਦੀ ਹੀ ਅਮਰੀਕਾ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਪਹਿਲਾ ਵਿਦੇਸ਼ੀ ਕੈਂਪਸ ਵੀ ਸਥਾਪਤ ਹੋ ਜਾਵੇਗਾ ਜਿਸ ਦੇ ਲਈ ਉੱਘੇ ਵਕੀਲ ਜਸਪ੍ਰੀਤ ਸਿੰਘ ਆਟਾਰਨੀ ਵਿਸ਼ੇਸ਼ ਮਦਦ ਕਰ ਰਹੇ ਹਨ। ਵਿਦਿਆਰਥੀਆਂ ਵੱਲੋਂ ਅਕਾਦਮਿਕ, ਖੇਡਾਂ ਤੇ ਸੱਭਿਆਚਾਰਕ ਖੇਤਰਾਂ ਵਿੱਚ ਮਿਲ ਰਹੀਆਂ ਸ਼ਾਨਦਾਰ ਸਫਲਤਾਵਾਂ ਦਾ ਸਿਹਰਾ ਅਧਿਆਪਕਾਂ, ਕਰਮਚਾਰੀਆਂ ਤੇ ਵਿਦਿਆਰਥੀਆਂ ਸਿਰ ਸਜਾਉਂਦਿਆਂ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ।ਇਸ ਤੋਂ ਪਹਿਲਾਂ ਵਿਦਵਾਨ ਡਾ. ਬ੍ਰਿਜਪਾਲ ਸਿੰਘ (ਸਾਬਕਾ ਪ੍ਰੋਫੈਸਰ ਅਰਥ-ਸ਼ਾਸਤਰ, ਲਾਲ ਬਹਾਦੁਰ ਸ਼ਾਸਤਰੀ ਰਾਸ਼ਟਰੀ ਪ੍ਰਸ਼ਾਸਨ ਅਕਾਦਮੀ), ਡਾ. ਕੇਹਰ ਸਿੰਘ (ਸਾਬਕਾ ਪ੍ਰੋਫੈਸਰ ਰਾਜਨੀਤੀ ਵਿਦਿਆਨ, ਪੰਜਾਬੀ ਯੂਨੀਵਰਸਿਟੀ ਪਟਿਆਲਾ) ਤੇ ਇੰਜ. ਸੁਪਰੀਤਪਾਲ ਸਿੰਘ (ਹੈੱਡ, ਬਿਜ਼ਨਸ ਡਿਵੈਲਪਮੈਂਟ ਐਂਡ ਪ੍ਰਾਜੈਕਟਸ, ਪੀਟੀਈਐੱਸਏ ਇੰਡਸਟਰੀਜ਼ ਇੰਡੋਨੇਸ਼ੀਆ) ਦਾ ਇੱਥੇ ਪੁੱਜਣ ’ਤੇ ਨਿੱਘਾ ਸਵਾਗਤ ਕੀਤਾ ਗਿਆ। ਯੂਨੀਵਰਸਿਟੀ ਦੀ ਸਥਾਪਨਾ ਤੋਂ ਲੈ ਕੇ ਹੁਣ ਤੱਕ ਦੀ ਤਰੱਕੀ ਦੇ ਹਵਾਲੇ ਨਾਲ ਡੀਨ ਅਕਾਦਮਿਕ ਮਾਮਲੇ ਪ੍ਰੋ. ਪਲਵਿੰਦਰ ਸਿੰਘ ਨੇ ਯੂਨੀਵਰਸਿਟੀ ਦੀਆਂ ਵਿਸ਼ੇਸ਼ ਪ੍ਰਾਪਤੀਆਂ ਦਾ ਜ਼ਿਕਰ ਕੀਤਾ।
ਦਿਨ ਭਰ ਚੱਲੇ ਸਮਾਗਮਾਂ ਦੀ ਸ਼ੁਰੂਆਤ ਯੂਨੀਵਰਸਿਟੀ ਦੇ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਅਖੰਡ ਪਾਠ ਦੇ ਭੋਗ ਤੇ ਹਜ਼ੂਰੀ ਰਾਗੀ ਭਾਈ ਨਰਿੰਦਰ ਸਿੰਘ (ਸ੍ਰੀ ਦਰਬਾਰ ਸਾਹਿਬ) ਵੱਲੋਂ ਸ਼ਬਦ-ਕੀਰਤਨ ਨਾਲ ਹੋਈ। ਯੂਨੀਵਰਸਿਟੀ ਦੀਆਂ ਮੁੱਖ ਇਮਾਰਤਾਂ ’ਤੇ ਦੀਪਮਾਲਾ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿੱਚ ਨਾਮਵਰ ਹਸਤੀਆਂ, ਕਰਮਚਾਰੀ ਤੇ ਵਿਦਿਆਰਥੀ ਮੌਜੂਦ ਸਨ। ਕੈਂਪਸ ਵਿਚ ਲੱਗੀ ਲੋਕ-ਕਲਾਪ੍ਰਦਰਸ਼ਨੀ, ਚਿੱਤਰਕਾਰੀ ਪ੍ਰਦਰਸ਼ਨੀ ਤੇ ਕਿਤਾਬ ਪ੍ਰਦਰਸ਼ਨੀ ਨੇ ਇਸ ਦਿਵਸ ਨੂੰ ਮੇਲੇ ਦਾ ਰੂਪ ਦੇ ਦਿੱਤਾ। ਗੈਲਰੀ-ਹਿਸਟਰੀ ਐਂਡ ਡ੍ਰੀਮਜ਼ ਵਿੱਚ ਵੀ ਯੂਨੀਵਰਸਿਟੀ ਦੇ ਇਤਿਹਾਸ ਨੂੰ ਦਰਸਾਉਂਦੀ ਪ੍ਰਦਰਸ਼ਨੀ ਵੀ ਵਿਸ਼ੇਸ਼ ਖਿੱਚ ਦਾ ਕੇਂਦਰ ਸੀ।

More Stories
ਸਾਬਣ-ਤੇਲ, ਬਿਸਕੁਟ ਤੇ ਰੋਜ਼ਾਨਾ ਦੀਆਂ ਵਸਤਾਂ ਹੋਣਗੀਆਂ ਮਹਿੰਗੀਆਂ; 5-10 ਰੁਪਏ ਵਾਲੇ ਪੈਕੇਟਾਂ ‘ਤੇ ਪਵੇਗਾ ਵੱਡਾ ਅਸਰ! FMCG ਕੰਪਨੀਆਂ ਨੇ ਕੀਤੀ ਤਿਆਰੀ
ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ 5 ਕਰੋੜ ਦੀ ਲਾਗਤ ਵਾਲੇ ਇੰਟਰਲਾਕ ਤੇ ਸੈਂਟਰ ਵਰਜ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ
ਜਲੰਧਰ: ਪੰਜਾਬੀ ਅਦਾਕਾਰਾ ਤਾਨੀਆ ਨੇ ‘ਦਿੱਲੀ ਪੈਂਟਸ’ ਸਟੋਰ ਦਾ ਕੀਤਾ ਵਿਸ਼ੇਸ਼ ਦੌਰਾ